ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਗੁਰਬਾਣੀ-ਸਤਿਕਾਰ ਨੂੰ ਮੁੱਖ ਰੱਖਦੇ ਹੋਏ ਸਿਰ ਢੱਕ ਕੇ ਪੜ੍ਹਨ ਦੀ ਅਤੇ ਬਾਣੀ ਉਤੇ ਅਮਲ ਕਰਨ ਦੀ ਖੇਚਲ ਕਰਨੀ ਜੀ
ਅੱਜ ਦਾ ਮੁੱਖਵਾਕ 24.1.2012, ਮੰਗਲਵਾਰ , ੧੧ ਮਾਘ (ਸੰਮਤ ੫੪੩ ਨਾਨਕਸ਼ਾਹੀ)
ਧਨਾਸਰੀ ਮਹਲਾ ੧ ॥
ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥
ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥
ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥
ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥
(ਅੰਗ ੬੮੮)
ਪੰਜਾਬੀ ਵਿਚ ਵਿਆਖਿਆ :-
ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ।
ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ। ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ।
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ
Categories:
Harmandir Sahib,
Mukhwak